ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥